ਬਰੈਂਪਟਨ (ਕੈਨੇਡਾ), 22 ਜੂਨ — ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ੇਸ਼ ਵਫ਼ਦ ਇਨ੍ਹਾਂ ਦਿਨਾਂ ਕੈਨੇਡਾ ਦੌਰੇ ’ਤੇ ਹੈ, ਜਿਸ ਦਾ ਉਦੇਸ਼ ਪਰਵਾਸੀ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਨਾਲ ਸੰਪਰਕ ਮਜ਼ਬੂਤ ਕਰਨਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਲੜੀ ਤਹਿਤ ਅੱਜ ਪੰਜਾਬੀਆਂ ਦੀ ਵੱਡੀ ਵੱਸੋਂ ਵਾਲੇ ਸ਼ਹਿਰ ਬਰੈਂਪਟਨ ਵਿੱਚ ਇੱਕ ਸਿਆਸੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ, ਮੱਖਣ ਸਿੰਘ ਬਰਾੜ, ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਗੁਰਪ੍ਰੀਤ ਸਿੰਘ ਝੱਬਰ ਅਤੇ ਹਰਜਾਪ ਸਿੰਘ ਸੰਘਾ ਨੇ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕੀਤੇ।
ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਦੀ ਕੀਮਤ ’ਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਇਕਜੁੱਟ ਹੋ ਕੇ ਅਕਾਲੀ ਦਲ ਦਾ ਸਾਥ ਦੇਣ, ਤਾਂ ਪੰਜਾਬ ਵਿੱਚ ਨਿਰੋਲ ਅਕਾਲੀ ਸਰਕਾਰ ਬਣ ਸਕਦੀ ਹੈ, ਜੋ ਸੂਬੇ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਦਾ ਹੱਲ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਬਣਨ ਉਪਰੰਤ ਪੰਜਾਬ ਦੀ ਧਰਤੀ ਅਤੇ ਹਿੱਤਾਂ ਦੀ ਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ।
ਕਾਨਫਰੰਸ ਦੌਰਾਨ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਸੂਬੇ ਦੀ ਆਰਥਿਕ ਅਤੇ ਪ੍ਰਸ਼ਾਸਨਿਕ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਮਜ਼ਬੂਤ ਅਤੇ ਤਜਰਬੇਕਾਰ ਲੀਡਰਸ਼ਿਪ ਰਾਹੀਂ ਹੀ ਸੰਭਵ ਹੈ।
ਐਨਆਰਆਈ ਭਾਈਚਾਰੇ ਲਈ ਵਿਸ਼ੇਸ਼ ਐਲਾਨ
ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਐਨਆਰਆਈ ਭਾਈਚਾਰੇ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੜ ਵਿਸ਼ੇਸ਼ ਐਨਆਰਆਈ ਥਾਣਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਵਾਪਸ ਆ ਕੇ ਪੰਜਾਬ ਵਿੱਚ ਕਾਰੋਬਾਰ ਸ਼ੁਰੂ ਕਰਨ ਦੇ ਇੱਛੁਕ ਨੌਜਵਾਨਾਂ ਲਈ ਵਿਸ਼ੇਸ਼ ਕਰਜ਼ਾ ਯੋਜਨਾਵਾਂ ਲਿਆਂਦੀਆਂ ਜਾਣਗੀਆਂ ਅਤੇ ਹੁਨਰ-ਅਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਕਿਲਡ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾਣਗੀਆਂ।
ਬੀਬੀ ਹਰਜਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਸਲ ਵਾਰਸ ਅਤੇ ਪੰਜਾਬੀ ਹਿੱਤਾਂ ਦੀ ਪ੍ਰਤੀਨਿਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਖਾਸ ਤੌਰ ’ਤੇ ਪਰਵਾਸੀ ਪੰਜਾਬੀ ਮਹਿਲਾਵਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੁੜਨ ਦੀ ਅਪੀਲ ਕੀਤੀ।
ਮੱਖਣ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਨੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਵਿਸਤ੍ਰਿਤ ਬਲੂਪ੍ਰਿੰਟ ਤਿਆਰ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਕੈਨੇਡਾ ਦੀ ਧਰਤੀ ਤੋਂ ਉੱਠਦੀਆਂ ਰਹੀਆਂ ਹਨ ਵੱਡੀਆਂ ਲਹਿਰਾਂ
ਕਾਨਫਰੰਸ ਦੇ ਅੰਤ ਵਿੱਚ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕੈਨੇਡਾ ਦੀ ਧਰਤੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਵੱਡੀਆਂ ਲਹਿਰਾਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਦੀ ਭੂਮਿਕਾ ਪੰਜਾਬ ਦੇ ਭਵਿੱਖ ਨੂੰ ਨਿਰਧਾਰਿਤ ਕਰਨ ਵਿੱਚ ਅਹਿਮ ਰਹੀ ਹੈ ਅਤੇ ਅੱਗੇ ਵੀ ਰਹੇਗੀ।ਇਸ ਮੌਕੇ ਬੇਅੰਤ ਸਿੰਘ ਧਾਲੀਵਾਲ, ਜੋਤੀਮਾਨ ਤਾਜਪੁਰੀ, ਨਿਰਵੈਰ ਸਿੰਘ ਟੱਕਰ ਮਾਛੀਵਾੜਾ ਸਮੇਤ ਹੋਰ ਆਗੂਆਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਕਾਨਫਰੰਸ ਦੌਰਾਨ ਪਰਵਾਸੀ ਪੰਜਾਬੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਪਾਰਟੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ।




