ਬਠਿੰਡਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ 665 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਣਾਲੀ ਸਦਕਾ ਪੰਜਾਬ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਦੇਸ਼ ਦੇ ਅਗੇਤੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਕਾਰਨ ਹੁਣ ਤੱਕ ਕਿਸੇ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਵਿਦੇਸ਼ਾਂ ਦਾ ਰੁਖ ਕਰਨ ਵਾਲੇ ਕਈ ਨੌਜਵਾਨ ਹੁਣ ਪੰਜਾਬ ਵਿੱਚ ਰੁਜ਼ਗਾਰ ਦੇ ਮੌਕਿਆਂ ਨੂੰ ਦੇਖਦੇ ਹੋਏ ਵਾਪਸੀ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਵਿਦੇਸ਼ਾਂ ਵਿੱਚ ਰਹਿੰਦੇ ਦੋਸਤਾਂ ਅਤੇ ਸਾਥੀਆਂ ਨੂੰ ਵੀ ਪੰਜਾਬ ਪਰਤਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਮਾਰਟ ਕਲਾਸਰੂਮਾਂ, ਅਧਿਆਪਕਾਂ ਦੀ ਵਿਸ਼ੇਸ਼ ਟ੍ਰੇਨਿੰਗ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਕਾਰਨ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਕਿਸਾਨੀ ਵਰਗੇ ਖੇਤਰਾਂ ਵਿੱਚ ਖਰਚ ਕਰਕੇ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ।
ਅਖੀਰ ਵਿੱਚ ਮੁੱਖ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰਨ ਦਾ ਸੱਦਾ ਦਿੱਤਾ।




