ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਵਿਵਾਦਿਤ ਵੀਡੀਓ ਦੀਆਂ ਫੋਰੈਂਸਿਕ ਜਾਂਚ ਰਿਪੋਰਟਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ ‘ਤੇ ਜਾਰੀ ਇਕ ਵੀਡੀਓ ਸੰਦੇਸ਼ ਵਿੱਚ ਮਜੀਠੀਆ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲੀਸ ਦੇ ਕੁਝ ਸੀਨੀਅਰ ਅਧਿਕਾਰੀਆਂ ਨੇ ਗੁਰੂਗ੍ਰਾਮ ਦੀ ਇੱਕ ਲੈਬਾਰਟਰੀ ਤੋਂ ਕਥਿਤ ਤੌਰ ‘ਤੇ ਲੱਖਾਂ ਰੁਪਏ ਦੇ ਕੇ ਰਿਪੋਰਟ ਤਿਆਰ ਕਰਵਾਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਫੋਰੈਂਸਿਕ ਲੈਬਾਰਟਰੀ ਦੇ ਅਧਿਕਾਰੀਆਂ ਨਾਲ ਇੱਕ ਹੋਟਲ ਵਿੱਚ ਮੀਟਿੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਰਿਪੋਰਟ ਤਿਆਰ ਕਰਨ ਲਈ ਪੈਸਿਆਂ ਦਾ ਲੈਣ-ਦੇਣ ਹੋਇਆ। ਮਜੀਠੀਆ ਨੇ ਇਸ ਮਾਮਲੇ ਨਾਲ ਜੁੜੇ ਮੁੱਖ ਗਵਾਹ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਕੋਲ ਅਪੀਲ ਵੀ ਕੀਤੀ ਹੈ।
ਇਸ ਦੇ ਨਾਲ ਹੀ ਅਕਾਲੀ ਆਗੂ ਨੇ ਆਮ ਆਦਮੀ ਪਾਰਟੀ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਖ਼ਿਲਾਫ਼ ਕਥਿਤ ਤੌਰ ‘ਤੇ ਗਲਤ ਪ੍ਰਚਾਰ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਅਜਿਹੀਆਂ ਕਾਰਵਾਈਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ।




