ਸ਼੍ਰੋਮਣੀ ਅਕਾਲੀ ਦਲ (SAD) ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਵੀਡੀਓ ਵਿਵਾਦ ਅਤੇ ਕਥਿਤ ਜਾਅਲੀ ਫੋਰੈਂਸਿਕ ਰਿਪੋਰਟ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਮਾਮਲਾ ਹੁਣ ਅੰਤਰ-ਰਾਜੀ ਰੂਪ ਧਾਰ ਚੁੱਕਾ ਹੈ ਅਤੇ ਇਸ ਵਿੱਚ ਪੈਸੇ ਦੇ ਲੈਣ-ਦੇਣ ਸਮੇਤ ਕਈ ਪਹਿਲੂਆਂ ਦੀ ਡੂੰਘੀ ਜਾਂਚ ਦੀ ਲੋੜ ਹੈ।
ਇਸ ਮੁੱਦੇ ਨੂੰ ਲੋਕਾਂ ਤੱਕ ਲੈ ਕੇ ਜਾਣ ਲਈ ਅਕਾਲੀ ਦਲ ਨੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਨੂੰ ਧਾਰਮਿਕ ਜਥੇਬੰਦੀਆਂ ਅਤੇ ਸੰਤ ਸਮਾਜ ਨਾਲ ਸੰਪਰਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਮੇਟੀ ਦੇ ਮੈਂਬਰਾਂ ਨੇ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਸਿਰਫ਼ CBI ਜਾਂਚ ਹੀ ਸੱਚਾਈ ਸਾਹਮਣੇ ਲਿਆ ਸਕਦੀ ਹੈ।
ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਕਥਿਤ ਤੌਰ ’ਤੇ ਇੱਕ ਜਾਅਲੀ ਦਸਤਾਵੇਜ਼ ਤਿਆਰ ਕਰਕੇ ਉਸ ਨੂੰ ਅਸਲੀ ਰਿਪੋਰਟ ਵਜੋਂ ਜਨਤਕ ਕੀਤਾ। ਉੱਥੇ ਹੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੂਬੇ ਦੀ ਸੱਤਾ ਅਤੇ ਸਰਕਾਰੀ ਸਰੋਤਾਂ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਇਸ ਨਾਲ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੋਈ ਹੈ।
ਅਕਾਲੀ ਦਲ ਨੇ ਇਹ ਵੀ ਸਵਾਲ ਉਠਾਇਆ ਕਿ ਪੰਜਾਬ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਕਥਿਤ ਫੋਰੈਂਸਿਕ ਰਿਪੋਰਟ ਹਾਸਲ ਕਰਨ ਲਈ ਕਿਸ ਦੇ ਹੁਕਮਾਂ ’ਤੇ ਭੇਜਿਆ ਗਿਆ ਸੀ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਸਬੰਧੀ ਸਪਸ਼ਟੀਕਰਨ ਮੰਗਿਆ ਹੈ।
ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਵੀ ਇਹ ਦੱਸਣ ਦੀ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੇ ਕਿਸ ਆਧਾਰ ’ਤੇ ਕਥਿਤ ਫੋਰੈਂਸਿਕ ਰਿਪੋਰਟਾਂ ਨੂੰ ਅਸਲੀ ਦੱਸਦੇ ਹੋਏ ਜਨਤਕ ਤੌਰ ’ਤੇ ਪੇਸ਼ ਕੀਤਾ ਸੀ।




