Google search engine
Home Uncategorized ਐਡਮਿੰਟਨ ਗੁਰਦੁਆਰਾ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਖ਼ਤ, ਸਿੱਖ...

ਐਡਮਿੰਟਨ ਗੁਰਦੁਆਰਾ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਖ਼ਤ, ਸਿੱਖ ਸੰਸਥਾਵਾਂ ਨੂੰ ਇਕਜੁੱਟ ਹੋਣ ਦੀ ਅਪੀਲ

ਗੁਰਦੁਆਰੇ ਵਿੱਚ ਦਾਖ਼ਲ ਹੋ ਕੇ ਦੋ ਸੇਵਾਦਾਰਾਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਦੀ ਨਿਖੇਧੀ; ਕੈਨੇਡਾ ਦੇ ਗੁਰੂ ਘਰਾਂ ਦੀ ਸੁਰੱਖਿਆ ਵਧਾਉਣ ਲਈ ਕਿਹਾ

ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖ਼ਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜ਼ਖ਼ਮੀ ਕਰਨ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਕੈਨੇਡਾ ਵਿੱਚ ਸਿੱਖਾਂ ਵਿਰੁੱਧ ਨਫ਼ਰਤ ਅਤੇ ਵਿਤਕਰੇ ਨਾਲ ਜੁੜੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਉਨ੍ਹਾਂ ਹਾਲ ਹੀ ਵਿੱਚ ਵਰਲਡ ਸਿੱਖ ਆਰਗਨਾਈਜ਼ੇਸ਼ਨ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖਾਂ ਵਿਰੁੱਧ ਜ਼ਮੀਨੀ ਪੱਧਰ ਦੇ ਨਾਲ-ਨਾਲ ਆਨਲਾਈਨ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਵੀ ਨਫ਼ਰਤ ਅਤੇ ਵਿਤਕਰੇ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਕੈਨੇਡਾ ਦੀਆਂ ਸਾਰੀਆਂ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਪਸੀ ਬੇਲੋੜੇ ਵਿਵਾਦਾਂ ਅਤੇ ਝਗੜਿਆਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਮੌਜੂਦਾ ਚੁਣੌਤੀਆਂ ਦਾ ਹੱਲ ਸਿੱਖ ਸਿਧਾਂਤਾਂ ਅਤੇ ਗੁਰਮਤਿ ਦੀ ਰੌਸ਼ਨੀ ਵਿੱਚ ਕਰਨ ਲਈ ਸਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ।

ਐਡਮਿੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਬਾਰੇ ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ। ਹਾਲਾਂਕਿ ਮੌਕੇ ’ਤੇ ਮੌਜੂਦ ਸੰਗਤ ਅਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਇਸ ਨੂੰ ਰਾਹਤ ਦੀ ਗੱਲ ਦੱਸਿਆ।

ਜਥੇਦਾਰ ਗੜਗੱਜ ਨੇ ਘਟਨਾ ਦੌਰਾਨ ਜ਼ਖ਼ਮੀ ਹੋਏ ਦੋ ਸੇਵਾਦਾਰ ਸਿੱਖਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਐਡਮਿੰਟਨ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਮਾਮਲੇ ਦੀ ਜਾਂਚ ਨੂੰ ਡੂੰਘਾਈ ਤੱਕ ਲਿਜਾਣਾ ਵੀ ਜ਼ਰੂਰੀ ਹੈ।

ਉਨ੍ਹਾਂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਹ ਪਤਾ ਲਗਾਉਣ ਲਈ ਵੀ ਯਤਨ ਕਰਨ ਕਿ ਕਿਤੇ ਕਿਸੇ ਸਿੱਖ-ਵਿਰੋਧੀ ਸਮੂਹ ਜਾਂ ਸੰਸਥਾ ਵੱਲੋਂ ਮੁਲਜ਼ਮ ਨੂੰ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਉਕਸਾਇਆ ਜਾਂ ਪ੍ਰਭਾਵਿਤ ਤਾਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਸ ਪਿੱਛੇ ਕਿਸੇ ਸੰਗਠਿਤ ਗਤੀਵਿਧੀ ਦੀ ਭੂਮਿਕਾ ਹੈ ਤਾਂ ਉਸ ਨੂੰ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ।

ਜਥੇਦਾਰ ਨੇ ਕੈਨੇਡਾ ਵਿੱਚ ਹਾਲ ਹੀ ਦੌਰਾਨ ਗੁਰਦੁਆਰਾ ਸਾਹਿਬਾਨ ਨੂੰ ਮਿਲੀਆਂ ਧਮਕੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੈਲਗਰੀ ਦੇ ਕੁਝ ਗੁਰਦੁਆਰਾ ਸਾਹਿਬਾਨ ਨੂੰ ਵੀ ਧਮਕੀਆਂ ਮਿਲੀਆਂ ਸਨ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕੈਲਗਰੀ ਪੁਲੀਸ ਨੂੰ ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਦੀ ਅਪੀਲ ਕੀਤੀ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਮਤਿ ਸਿਧਾਂਤਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ ਅਤੇ ਇਨ੍ਹਾਂ ਗੁਰੂ ਘਰਾਂ ਵਿੱਚ ਰੋਜ਼ਾਨਾ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਂਦੀ ਹੈ। ਪਰ ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਅਤੇ ਪਹਿਰੇਦਾਰੀ ਦੇ ਪੁਖ਼ਤਾ ਪ੍ਰਬੰਧ ਕਰਨਾ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ-ਆਪਣੇ ਗੁਰੂ ਘਰਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਮੁੜ ਸਮੀਖਿਆ ਕੀਤੀ ਜਾਵੇ। ਉਨ੍ਹਾਂ 24 ਘੰਟੇ ਪਹਿਰੇਦਾਰੀ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਵਿਸ਼ਵ ਪੱਧਰ ’ਤੇ ਆਪਣੀ ਵਿਲੱਖਣ ਸਿੱਖ ਪਛਾਣ, ਇਤਿਹਾਸ, ਰਵਾਇਤਾਂ, ਸਿਧਾਂਤਾਂ ਅਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਚੁਣੌਤੀਆਂ ਦੇ ਦੌਰ ਵਿੱਚ ਸਿੱਖ ਸੰਸਥਾਵਾਂ ਦੀ ਏਕਤਾ, ਸੁਚੇਤਨਾ ਅਤੇ ਗੁਰੂ ਘਰਾਂ ਦੀ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ।

The post ਐਡਮਿੰਟਨ ਗੁਰਦੁਆਰਾ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਖ਼ਤ, ਸਿੱਖ ਸੰਸਥਾਵਾਂ ਨੂੰ ਇਕਜੁੱਟ ਹੋਣ ਦੀ ਅਪੀਲ appeared first on BC Punjabi News.

Exit mobile version